ਅੰਮ੍ਰਿਤਸਰ, 30 ਜੂਨ 2012 (ਅੰਮ੍ਰਿਤਸਰ ਪੋਸਟ ਖ਼ਬਰਾਂ)- ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਸਰਕਾਰੀ ਕਰਮਚਾਰੀਆਂ ਵਾਂਗ ਵਿਧਾਇਕਾਂ ਦੇ ਸੇਵਾ ਨਿਯਮ (ਕੋਡ ਆਫ਼ ਕੰਡਕਟ) ਬਨਾਉਣ ਦੀ ਮੰਗ ਕੀਤੀ ਹੈ। ਪੰਜਾਬ ਦੇ ਗਵਰਨਰ ਸ੍ਰੀ ਸ਼ਿਵ ਰਾਜ ਪਾਟਿਲ, ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਸਪੀਕਰ ਵਿਧਾਨ ਸਭਾ ਸ.ਚਰਨਜੀਤ ਸਿੰਘ ਅਟਵਾਲ, ਚੀਫ਼ ਜਸਟਿਸ ਪੰਜਾਬ ਤੇ ਹਰਿਆਣਾ ਹਾਈ ਕੋਰਟ ਅਤੇ ਹੋਰਨਾਂ ਨੂੰ ਲਿਖੇ ਪੱਤਰ ਵਿਚ ਮੰਚ ਆਗੂ ਨੇ ਕਿਹਾ ਕਿ ਇੰਗਲੈਂਡ, ਕੈਨੇਡਾ ਤੇ ਹੋਰਨਾਂ ਮੁਲਕਾਂ ਵਿਚ 99 % ਬੱਚੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਹਨ। ਸਰਕਾਰੀ ਹਸਪਤਾਲਾਂ ਵਿਚ ਹਰੇਕ ਸਹੂਲਤ ਹੈ, ਬਾਹਰ ਕਿਧਰੇ ਜਾਣ ਦੀ ਲੋੜ ਨਹੀਂ ਪੈਂਦੀ। ਸਰਕਾਰੀ ਦਫ਼ਤਰਾਂ ਵਿਚ ਕੋਈ ਰਿਸ਼ਵਤਖ਼ੋਰੀ ਨਹੀਂ। ਪਰ ਇਸ ਦੇ ਐਨ ਉਲਟ ਪੰਜਾਬ ਵਿਚ ਰਿਸ਼ਵਤਖ਼ੋਰੀ ਦਾ ਬੋਲ ਬਾਲਾ ਹੈ, ਹਜ਼ਾਰਾਂ ਦੀ ਗਿਣਤੀ ਵਿਚ ਸਰਕਾਰੀ ਆਸਾਮੀਆਂ ਖਾਲੀ ਹਨ।